ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੁਰੂਕਸ਼ੇਤਰ ਮਾਮਲੇ ਦਾ ਲਿਆ ਸਖਤ ਨੋਟਿਸ

Giani Gurbachan Singh

ਹਰਿਆਣਾ ਵਿੱਚ ਗੁਰਦੁਆਰਿਆਂ ਦਾ ਪ੍ਰਬੰਧ ਲੈਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਯੂਥ ਵਿੰਗ ਵੱਲੋਂ ਅੱਜ ਕੀਤੀ ਕਾਰਵਾਈ ’ਤੇ ਸਖ਼ਤ ਪ੍ਰਤੀਕਰਮ ਪ੍ਰਗਟ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਦੋਵਾਂ ਧਿਰਾਂ ਨੂੰ ਆਪਸੀ ਵਿਵਾਦ ਨੂੰ ਵਧਾਉਣ ਵਾਲੀ ਕੋਈ ਕਾਰਵਾਈ ਨਹੀਂ ਕਰਨੀ ਚਾਹੀਦੀ ਅਤੇ ਇਸ ਮਸਲੇ ਨੂੰ ਮਿਲ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਹਰਿਆਣਾ ਕਮੇਟੀ ਦੇ ਆਗੂ ਜੇ ਇਸ ਮਾਮਲੇ ਵਿੱਚ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਉਹ ਚੰਡੀਗੜ੍ਹ ਵਿਖੇ ਗੱਲਬਾਤ ਲਈ ਆ ਸਕਦੇ ਹਨ। ਇਸ ਮਾਮਲੇ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ। ਕੁਝ ਪੱਤਰਕਾਰਾਂ ਨਾਲ ਸ਼ਾਮ ਸਮੇਂ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਜਿਸ ਢੰਗ ਨਾਲ ਅੱਜ ਗੁਰਦੁਆਰੇ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ ਗਿਆ, ਜੇ ਪੁਲੀਸ ਵੱਲੋਂ ਸਮੇਂ ਸਿਰ ਦਖ਼ਲਅੰਦਾਜ਼ੀ ਨਾ ਕੀਤੀ ਜਾਂਦੀ ਤਾਂ ਆਪਸੀ ਟਕਰਾਅ ਹੋ ਸਕਦਾ ਸੀ, ਜੋ ਮਾੜੀ ਗੱਲ ਹੈ। ਉਨ੍ਹਾਂ ਆਖਿਆ ਕਿ ਜਲਦੀ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨੂੰ ਸੱਦ ਕੇ ਮਸਲਾ ਗੱਲਬਾਤ ਰਾਹੀਂ ਹੱਲ ਕਰਾਉਣ ਦਾ ਯਤਨ ਕਰਨਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਕੁਰੂਕਸ਼ੇਤਰ ਵਿੱਚ ਗੁਰਦੁਆਰੇ ਦਾ ਕਬਜ਼ਾ ਜਬਰੀ ਲੈਣ ਦਾ ਯਤਨ ਕੀਤਾ ਗਿਆ, ਜੋ ਪੁਲੀਸ ਨੇ ਰੋਕ ਲਿਆ। ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਉਥੇ ਦੂਜੀ ਧਿਰ ਨਾਲ ਇਸ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਇਸ ਮਾਮਲੇ ਵਿੱਚ ਆਪਸੀ ਟਕਰਾਅ ਨਹੀਂ ਚਾਹੁੰਦੇ ਅਤੇ ਜੇ ਦੂਜੀ ਧਿਰ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੀ ਹੈ ਤਾਂ ਉਹ ਚੰਡੀਗੜ੍ਹ ਵਿਖੇ ਗੱਲਬਾਤ ਲਈ ਤਿਆਰ ਹਨ।

468 ad