ਕਤਲ ਹੋਣ ਦੇ ਡਰ ਕਾਰਨ ਸੋਨੀਆ ਗਾਂਧੀ ਪ੍ਰਧਾਨ ਮੰਤਰੀ ਨਹੀਂ ਸੀ ਬਣੀ: ਨਟਵਰ ਸਿੰਘ

sonia-natwar

ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਨੇ ਅੱਜ ਇਹ ਦਾਅਵਾ ਕੀਤਾ ਕਿ ਸ਼੍ਰੀਮਤੀ ਸੋਨੀਆ ਗਾਂਧੀ ਨੇ ਸਾਲ 2004 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਇਸ ਲਈ ਪ੍ਰਵਾਨ ਨਹੀਂ ਕੀਤਾ ਸੀ ਕਿ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਨੂੰ ਡਰ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣੀ ਤਾਂ ਉਨ੍ਹਾਂ ਦੇ ਪਿਤਾ ਵਾਂਗ ਉਨ੍ਹਾਂ ਦੀ ਵੀ ਹੱਤਿਆ ਕਰ ਦਿੱਤੀ ਜਾਵੇਗੀ।

ਨਟਵਰ ਸਿੰਘ ਨੇ ਆਪਣੀ ਆਤਮ ਕਥਾ ‘ਵਨ ਲਾਈਫ ਇਜ਼ ਨਾਟ ਇਨਫ’ ਦੇ ਰਿਲੀਜ਼ ਤੋਂ ਪਹਿਲਾਂ ਇਕ ਨਿਜੀ ਚੈਨਲ ਨਾਲ ਗੱਲਬਾਤ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਗਾਂਧੀ ਨੇ 2004 ਵਿੱਚ ਇਸ ਲਈ ਪ੍ਰਧਾਨ ਮੰਤਰੀ ਦਾ ਅਹੁਦਾ ਸਵੀਕਾਰ ਨਹੀਂ ਸੀ ਕੀਤਾ ਕਿ ਉਨ੍ਹਾਂ ਦੀ ਅੰਤਰ ਆਤਮਾ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ, ਸਗੋਂ ਇਸ ਦੀ ਅਸਲੀ ਵਜ੍ਹਾ ਕੁਝ ਹੋਰ ਸੀ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਭਾਵੇਂ ਇਹ ਦਾਅਵਾ ਕਰਦੀ ਰਹੀ ਹੈ ਕਿ ਉਨ੍ਹਾਂ ਦੀ ਅੰਤਰ ਆਤਮਾ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਤੋਂ ਰੋਕ ਦਿੱਤਾ, ਅਸਲ ਵਿੱਚ ਉਸ ਦੇ ਪੁੱਤਰ ਨੂੰ ਇਹ ਡਰ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣੀ ਤਾਂ ਉਸ ਦਾ ਕਤਲ ਕਰ ਦਿੱਤਾ ਜਾਵੇਗਾ।

ਨਟਵਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਤੇ ਉਨ੍ਹਾਂ ਦੀ ਪੁੱਤਰੀ ਪ੍ਰਿਯੰਕਾ ਗਾਂਧੀ ਨੇ ਬੀਤੀ 7 ਮਈ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਕੇ ਇਸ ਗੱਲ ਨੂੰ ਆਤਮ ਕਥਾ ਤੋਂ ਬਾਹਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਸੋਨੀਆ ਗਾਂਧੀ ਨੇ ਉਨ੍ਹਾਂ ਨਾਲ ਹੋਏ ਵਿਹਾਰ ਲਈ ਮੁਆਫੀ ਮੰਗਦੇ ਹੋਏ ਉਨ੍ਹਾਂ ਨੂੰ ਆਪਣਾ ਸਭ ਤੋਂ ਕਰੀਬੀ ਮਿੱਤਰ ਦੱਸਿਆ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਅਜਿਹੀਆਂ ਗੱਲਾਂ ਵੀ ਸਾਂਝੀਆਂ ਕਰਦੀ ਰਹੀ ਹੈ, ਜੋ ਉਸ ਨੇ ਰਾਹੁਲ ਅਤੇ ਪ੍ਰਿਯੰਕਾ ਨਾਲ ਵੀ ਨਹੀਂ ਸਨ ਕੀਤੀਆਂ।

468 ad