ਕੈਪਟਨ ਨੂੰ ਕੈਨੇਡਾ ”ਚ ਰੈਲੀਆਂ ਨਾ ਕਰਨ ਦੇਣ ਦਾ ਮਾਮਲਾ ਮੁੜ ਗਰਮਾਇਆ

24ਜਲੰਧਰ, 19 ਮਈ ( ਪੀਡੀ ਬੇਉਰੋ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਨੂੰ ਕੈਨੇਡਾ ਸਰਕਾਰ ਵਲੋਂ ਟੋਰਾਂਟੋ ਤੇ ਵੈਨਕੂਵਰ ‘ਚ ਰੈਲੀਆਂ ਨਾ ਕਰਨ ਦੇਣ ਦਾ ਮਾਮਲਾ ਫਿਰ ਗਰਮਾ ਗਿਆ ਹੈ। ਕੈਨੇਡਾ ਦੇ ਰਾਜਦੂਤ ਨੇ ਕੈਪਟਨ ਨੂੰ ਮਿਲਣ ਲਈ ਸੱਦਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਮਰਿੰਦਰ ਵਲੋਂ ਲਿਖੇ ਗਏ ਵਿਰੋਧ ਪੱਤਰ ਤੋਂ ਬਾਅਦ ਕੈਨੇਡਾ ਦੇ ਰਾਜਦੂਤ ਨੇ ਉਨ੍ਹਾਂ ਨਾਲ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਸੀ ਤੇ ਇਸ ਸਬੰਧੀ ਕੈਪਟਨ ਨੂੰ ਉਨ੍ਹਾਂ ਪੱਤਰ ਵੀ ਲਿਖਿਆ ਸੀ।ਕੈਪਟਨ ਨੇ ਰਾਜਦੂਤ ਨੂੰ ਲਿਖੇ ਪੱਤਰ ਦਾ ਜਵਾਬ ਦਿੰਦਿਆਂ ਪਹਿਲਾਂ ਤਾਂ ਉਨ੍ਹਾਂ ਵਲੋਂ ਮੁਲਾਕਾਤ ਕਰਨ ਦੀ ਇੱਛਾ ਜ਼ਾਹਿਰ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਅਜਿਹੀਆਂ ਬੈਠਕਾਂ ਨਾਲ ਕੁਝ ਵੀ ਨਹੀਂ ਨਿਕਲਣ ਵਾਲਾ ਕਿਉਂਕਿ ਉਹ ਪਹਿਲਾਂ ਹੀ ਆਪਣੇ ਵਿਚਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਭੇਜ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੇ ਭੇਦ-ਭਾਵ ਵਾਲੇ ਰਵੱਈਏ ਦੀ ਨਿੰਦਿਆ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਅਕਾਲੀ-ਭਾਜਪਾ ਗਠਜੋੜ ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਕੈਨੇਡਾ ‘ਚ ਅਪ੍ਰਵਾਸੀ ਪੰਜਾਬੀਆਂ ਨੂੰ ਮਿਲਣ ਦੀ ਆਗਿਆ ਦਿੱਤੀ ਗਈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ ਅਪ੍ਰਵਾਸੀ ਪੰਜਾਬੀਆਂ ਨੂੰ ਮਿਲਣ ਤੋਂ ਰੋਕਿਆ ਗਿਆ।ਕੈਪਟਨ ਨੇ ਗੁਰਪਤਵੰਤ ਸਿੰਘ ਪੰਨੂ ਵਲੋਂ ਕੀਤੀ ਗਈ ਸ਼ਿਕਾਇਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੂੰ ਇਕ ਪੱਤਰ ਲਿਖਿਆ, ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਕਾਂਗਰਸ ਦੀਆਂ ਰੈਲੀਆਂ ‘ਤੇ ਰੋਕ ਲਗਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਭਾਰਤ ਵਿਰੋਧੀ ਵਿਅਕਤੀ ਦੇ ਵਿਚਾਰਾਂ ਨੂੰ ਮਹੱਤਤਾ ਦੇ ਦਿੱਤੀ ਪਰ ਲੋਕ ਸਭਾ ‘ਚ ਵਿਰੋਧੀ ਧਿਰ ਦੇ ਉਪ ਨੇਤਾ ਤੇ ਸੰਸਦ ਮੈਂਬਰ ਦੇ ਵਿਚਾਰਾਂ ਨੂੰ ਅਹਿਮੀਅਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਨੂ ਨੂੰ ਅਮਰੀਕਾ ਤੇ ਕੈਨੇਡਾ ‘ਚ ਖਾਲਿਸਤਾਨੀ ਸਮਰਥਕਾਂ ਦਾ ਸਮਰਥਨ ਮਿਲ ਰਿਹਾ ਹੈ।ਅਜਿਹੀ ਵਿਚਾਰਧਾਰਾ ਅਪ੍ਰਵਾਸੀ ਪੰਜਾਬੀਆਂ ‘ਚ ਪਾਈ ਜਾ ਰਹੀ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਅੰਦਰਖਾਤੇ ਪਾਕਿਸਤਾਨ ਦੀ ਆਈ. ਐੱਸ. ਆਈ. ਤੋਂ ਵੀ ਸਮਰਥਨ ਮਿਲ ਰਿਹਾ ਹੈ। ਕੈਨੇਡਾ ਸਰਕਾਰ ਦੀਆਂ ਏਜੰਸੀਆਂ ਨੂੰ ਇਸ ਗੱਲ ਤੋਂ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਕੈਨੇਡਾ ਦੇ ਰਾਜਦੂਤ ਨੂੰ ਕਿਹਾ ਕਿ ਉਹ ਆਪਣੀ ਸਰਕਾਰ ਨੂੰ ਸੁਝਾਅ ਦੇਣ ਕਿ ਭਾਵੇਂ ਉਹ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਰੈਲੀਆਂ ‘ਤੇ ਰੋਕ ਲਗਾਵੇ ਪਰ ਉਸ ਨੂੰ ਇਕਤਰਫਾ ਕਾਂਗਰਸ ਦੇ ਖਿਲਾਫ ਕੰਮ ਨਹੀਂ ਕਰਨਾ ਚਾਹੀਦਾ ਹੈ।

468 ad

Submit a Comment

Your email address will not be published. Required fields are marked *