‘ਗਿਆਨੀ’ ਇਕਬਾਲ ਸਿੰਘ ਨੂੰ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚਾਲੇ ਛੱਡਣੀ ਪਈ

Giani-Iqbal-Singh-Sik

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਆਏ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਦੀ ਸ਼ਮੂਲੀਅਤ ’ਤੇ ਇਤਰਾਜ਼ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਮੀਟਿੰਗ ਵਿਚਾਲੇ ਹੀ ਛੱਡ ਕੇ ਜਾਣਾ ਪਿਆ। ਦੂਜੇ ਪਾਸੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਸਿਹਤ ਠੀਕ ਨਾ ਹੋਣ ਕਾਰਨ ਗਿਆਨੀ ਇਕਬਾਲ ਸਿੰਘ ਨੂੰ ਮੀਟਿੰਗ ਵਿਚਾਲੇ ਛੱਡਣੀ ਪਈ ਹੈ।
ਅੱਜ ਇੱਥੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਸੱਦੀ ਗਈ ਸੀ, ਜਿਸ ਵਿੱਚ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਗੁਰਬਾਣੀ ਨਾਲ ਛੇੜਛਾੜ ਕਰਨ ਅਤੇ ਉਸ ਵੱਲੋਂ ਭੇਜੇ ਗਏ ਮੁਆਫੀਨਾਮੇ ’ਤੇ ਵਿਚਾਰ ਕੀਤਾ ਜਾਣਾ ਸੀ। ਇਸ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੂੰ ਵੀ ਸੱਦਿਆ ਗਿਆ ਸੀ। ਭਰੋਸੇਯੋਗ ਸੂਤਰਾਂ ਤੋਂ ਮਿਲੇ ਵੇਰਵਿਆਂ ਅਨੁਸਾਰ ਸਵੇਰ ਸਮੇਂ ਜਦੋਂ ਇਕੱਤਰਤਾ ਸ਼ੁਰੂ ਹੋਣ ਲੱਗੀ ਤਾਂ ਉਥੇ ਹਾਜ਼ਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ। ਉਨ੍ਹਾਂ ਆਖਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮੁਅੱਤਲ ਅਤੇ ਮਗਰੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਲਈ ਬਰਖ਼ਾਸਤ ਕੀਤੇ ਗਏ ਜਥੇਦਾਰ ਨੂੰ ਮੀਟਿੰਗ ਵਿਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਿਆਨੀ ਇਕਬਾਲ ਸਿੰਘ ਨੂੰ ਇਕੱਤਰਤਾ ਵਿੱਚ ਸ਼ਾਮਲ ਕੀਤਾ ਗਿਆ ਤਾਂ ਉਹ ਇਕੱਤਰਤਾ ਛੱਡ ਕੇ ਚਲੇ ਜਾਣਗੇ। ਇਸ ਦੌਰਾਨ ਉਹ ਕੁਝ ਸਮੇਂ ਲਈ ਇਕੱਤਰਤਾ ਛੱਡ ਕੇ ਉਪਰ ਗਿਆਨੀ ਗੁਰਬਚਨ ਸਿੰਘ ਦੇ ਗ੍ਰਹਿ ਵਿਖੇ ਵੀ ਚਲੇ ਗਏ। ਉਨ੍ਹਾਂ ਨੂੰ ਮਨਾਉਣ ਲਈ ਮੀਟਿੰਗ ਵਿੱਚ ਹਾਜ਼ਰ ਅੰਤਰਿੰਗ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰਨਾਂ ਵੱਲੋਂ ਜ਼ੋਰ ਲਾਇਆ ਗਿਆ। ਅਖ਼ੀਰ ਗਿਆਨੀ ਇਕਬਾਲ ਸਿੰਘ ਨੂੰ ਮਨਾਇਆ ਗਿਆ ਅਤੇ ਉਹ ਇਕੱਤਰਤਾ ਵਿਚਾਲੇ ਹੀ ਛੱਡ ਕੇ ਚਲੇ ਗਏ। ਸ੍ਰੀ ਮਜੀਠੀਆ ਦੇ ਮਾਮਲੇ ਨੂੰ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਹ ਇਕੱਤਰਤਾ ਲਗਭਗ 1 ਵਜੇ ਸ਼ੁਰੂ ਹੋਈ ਅਤੇ ਗਿਆਨੀ ਇਕਬਾਲ ਸਿੰਘ ਦੀ ਥਾਂ ’ਤੇ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਸੱਦਿਆ ਗਿਆ।
ਅੱਜ ਸਵੇਰੇ ਇਕੱਤਰਤਾ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਸੁਪਰਡੈਂਟ ਅਵਤਾਰ ਸਿੰਘ ਨੇ  ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਬੰਧਕੀ ਕਮੇਟੀ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਬਰਖ਼ਾਸਤ ਕਰਨ ਵਾਲਾ ਪੱਤਰ ਸੌਂਪਿਆ। ਇਸ ਪੱਤਰ ਵਿੱਚ ਜਾਂਚ ਕਮੇਟੀ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਹੈ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਗਿਆਨੀ ਇਕਬਾਲ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਮੇਸ਼ਾ ਲਈ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਪ੍ਰਬੰਧਕੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਗਿਆਨੀ ਇਕਬਾਲ ਸਿੰਘ ਨੂੰ ਇਕੱਤਰਤਾ ਵਿੱਚ ਸ਼ਾਮਲ ਨਾ ਕੀਤਾ ਜਾਵੇ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਨੁਮਾਇੰਦਗੀ ਵਾਸਤੇ ਪ੍ਰਬੰਧਕੀ ਕਮੇਟੀ ਨੂੰ ਸੂਚਿਤ ਕੀਤਾ ਜਾਵੇ। ਇਸ ਪੱਤਰ ਦੀਆਂ ਕਾਪੀਆ ਹੋਰ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਭੇਜੀਆਂ ਗਈਆਂ ਹਨ।
ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਇਹ ਮੰਨਣ ਤੋਂ ਇਨਕਾਰ ਕੀਤਾ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗਿਆਨੀ ਇਕਬਾਲ ਸਿੰਘ ਦੀ ਬਤੌਰ ਜਥੇਦਾਰ ਸ਼ਮੂਲੀਅਤ ’ਤੇ ਇਤਰਾਜ਼ ਹੋਇਆ ਹੈ। ਉਨ੍ਹਾਂ ਆਖਿਆ ਕਿ ਗਿਆਨੀ ਇਕਬਾਲ ਸਿੰਘ ਦੀ ਸਿਹਤ ਅਚਨਚੇਤੀ ਖਰਾਬ ਹੋ ਗਈ ਸੀ, ਜਿਸ ਕਾਰਨ ਉਹ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਮੀਟਿੰਗ ਵਿੱਚ ਕਿਸੇ ਦਾ ਵਿਰੋਧ ਨਹੀਂ ਹੋਇਆ। ਇਸੇ ਤਰ੍ਹਾਂ ਗਿਆਨੀ ਇਕਬਾਲ ਸਿੰਘ ਨੇ ਆਖਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਦੀ ਸ਼ੂਗਰ ਵਧ ਗਈ ਸੀ ਅਤੇ ਮਜਬੂਰੀ ਕਾਰਨ ਉਨ੍ਹਾਂ ਨੂੰ ਮੀਟਿੰਗ ਛੱਡ ਕੇ ਜਾਣਾ ਪਿਆ।

468 ad