ਪੰਜਾਬ ਦੇ ਸੰਸਦ ਮੈਬਰਾਂ ਨੇ ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹਮਲਿਆਂ ਦਾ ਮੁੱਦਾ ਰਾਜ ਸਭਾ ਵਿਚ ਉਠਾਇਆ

pak-3

ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦਾ ਮੁੱਦਾ ਚੁਕਦੇ ਹੋਏ ਪੰਜਾਬ ਤੋਂ ਬਾਦਲ ਦਲ ਅਤੇ ਬਸਪਾ ਦੇ ਸੰਸਦ ਮੈਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰਾਂ ਕੋਲ ਮਾਮਲਾ ਉਠਾਉਣ।

ਸਿਫਰ ਕਾਲ ਦੌਰਾਨ ਮਾਮਲਾ ਉਠਾਉਂਦੇ ਹੋਏ ਬਾਦਲ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਮਰੀਕਾ ਅਤੇ ਪਾਕਿਸਤਾਨ ਵਿਚ ਸਿੱਖ ਘੱਟ ਗਿਣਤੀਆਂ ‘ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਨਸਲੀ ਵਿਤਕਰੇ ਕਾਰਨ ਉਨ੍ਹਾਂ ਵਿਚੋਂ ਕਈਆਂ ਦਾ ਕਤਲ ਕੀਤਾ ਗਿਆ ਹੈ।

ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਦੋਵਾਂ ਦੇਸ਼ਾਂ ਕੋਲ ਮਾਮਲਾ ਉਠਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਅਫਗਾਨਿਸਤਾਨ ਤੋਂ ਭਾਰਤ ਆ ਰਹੇ ਸਿੱਖਾਂ ਨੂੰ ਨਾਗਰਿਕਤਾ ਨਾ ਦੇਣ ਦਾ ਮੁੱਦਾ ਵੀ ਉਠਾਇਆ।

ਅਜੀਤ ਅਖਬਾਰ ਅਨੁਸਾਰ ਸ. ਭੂੰਦੜ ਨੇ ਕਿਹਾ ਕਿ ਸਿੱਖ ਇਕ ਬਹਾਦਰ ਕੌਮ ਹੈ ਅਤੇ ਇਸ ਨੇ ਕਈ ਆਜ਼ਾਦੀ ਸੰਘਰਸ਼ਾਂ ਵਿਚ ਹਿੱਸਾ ਲਿਆ ਅਤੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਨਸਲੀ ਅਪਰਾਧ ਰੁਕਣੇ ਚਾਹੀਦੇ ਹਨ।

ਇਸ ਮੁੱਦੇ ‘ਤੇ ਉਨ੍ਹਾਂ ਨਾਲ ਜੁੜਦਿਆਂ ਬਸਪਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਨੂੰ ਕਤਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਅੱਤਿਆਚਾਰ ਕੀਤੇ ਜਾ ਰਹੇ ਹਨ।

ਉਨ੍ਹਾਂ ਬਰਤਾਨੀਆ, ਅਮਰੀਕਾ, ਪਾਕਿਸਤਾਨ, ਅਫਗਾਨਿਸਤਾਨ ਅਤੇ ਕੈਨੇਡਾ ਵਿਚ ਸਿੱਖਾਂ ਦੇ ਕਤਲ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਉਨ੍ਹਾਂ ‘ਤੇ ਅਤਿਆਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਕੀ ਕਰ ਰਹੀ ਹੈ। ਇਹ ਕਿਉਂ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ ਜਦਕਿ ਸਿੱਖਾਂ ਨੂੰ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਨੂੰ ਸੁਰੱਖਿਆ ਮੁਹੱਈਆ ਕੀਤੀ ਜਾਵੇ।

468 ad