ਸ਼੍ਰੋਮਣੀ ਕਮੇਟੀ ਤੇ ਪੰਥਕ ਧਿਰਾਂ ਹੋਈਆਂ ਆਹਮੋ-ਸਾਹਮਣੇ

2ਅੰਮ੍ਰਿਤਸਰ, 5 ਮਈ (ਜਗਦੀਸ਼ ਬਾਮਬਾ ) ਭਾਰਤੀ ਫੌਜ ਵੱਲੋਂ 6 ਜੂਨ ਹਰਿਮੰਦਰ ਸਾਹਿਬ ‘ਤੇ ਕੀਤੇ ਗਏ ਹਮਲੇ ਦੀ ਯਾਦ ਵਿੱਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਨੂੰ ਲੈ ਕੇ ਪੰਥਕ ਧਿਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਹਮੋ-ਸਾਹਮਣੇ ਹੋ ਗਈਆਂ ਹਨ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੀ ਹਾਲਤ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੁਤਾਬਕ ਇਸ ਦਿਹਾੜੇ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਧਰ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤਾਂ ਦੇ ਜਥੇਦਾਰ ਤੇ ਸਰਬੱਤ ਖਾਲਸਾ ਦੀਆਂ ਹਮਾਇਤੀ ਧਿਰਾਂ ਵੱਲੋਂ ਸੰਕੇਤ ਦਿੱਤੇ ਗਏ ਸਨ ਕਿ ਉਹ 6 ਜੂਨ ਵਾਲੇ ਦਿਨ ਆਪਣਾ ਕੋਈ ਵੱਖਰਾ ਸਮਾਗਮ ਉਲੀਕ ਸਕਦੀਆਂ ਹਨ। ਇਸ ਨਾਲ ਟਕਰਾਅ ਦੀ ਸਥਿਤੀ ਪੈਦਾ ਹੋਣ ਦਾ ਅੰਦੇਸ਼ਾ ਲਾਇਆ ਜਾ ਰਿਹਾ ਹੈ।
ਬੀਤੇ ਦਿਨੀ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨਜ਼ਦੀਕ ਹੀ ਇੱਕ ਨਵਾਂ ਸਕੱਤਰੇਤ ਸਥਾਪਤ ਕੀਤਾ ਜਾਵੇਗਾ। ਇੱਥੋਂ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤਾਂ ਦੇ ਜਥੇਦਾਰ ਪੰਥਕ ਫੈਸਲੇ ਲੈਣਗੇ ਤੇ ਇਨ੍ਹਾਂ ਸਬੰਧੀ ਆਦੇਸ਼, ਨਿਰਦੇਸ਼ ਤੇ ਹੁਕਮਨਾਮੇ ਵੀ ਜਾਰੀ ਕਰਨਗੇ। ਹਾਲਾਂਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕੁਝ ਵੀ ਸਾਫ਼ ਨਹੀਂ ਕੀਤਾ ਪਰ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਅਜਿਹਾ ਕਿਸੇ ਵੀ ਕੀਮਤ ‘ਤੇ ਨਹੀਂ ਹੋ ਸਕਦਾ ਕਿਉਂਕਿ ਅਜਿਹਾ ਕਰਨਾ ਪੰਥਕ ਰਿਵਾਇਤਾਂ ਦੇ ਖਿਲਾਫ਼ ਹੈ। 6 ਜੂਨ ਨੂੰ ਲਗਾਤਾਰ ਦੋ ਸਾਲ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਇਸ ਵਾਰ ਜਿੱਥੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਗਿਣਤੀ ਵਧਾਈ ਜਾਵੇਗੀ, ਉੱਥੇ ਹੀ ਸਾਦੀ ਵਰਦੀ ਵਿੱਚ ਪੁਲਿਸ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵੀ ਵਧਾਈ ਜਾ ਸਕਦੀ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿੱਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਡੇਰਾ ਮੁਖੀ ਨੂੰ ਮਾਫ਼ੀ ਦੇਣ ਦੇ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ, ਤਖਤਾਂ ਦੇ ਜਥੇਦਾਰਾਂ ਤੇ ਅਕਾਲੀ ਦਲ ਖਿਲਾਫ਼ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਸੀ। ਸਰਬੱਤ ਖਾਲਸਾ ਵਿੱਚ ਹੋਏ ਵੱਡੇ ਇਕੱਠ ਤੋਂ ਬਾਅਦ ਦੀਵਾਲੀ ਵਾਲੇ ਦਿਨ ਵੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਸਥਿਤੀ ਤਣਾਅ ਵਾਲੀ ਬਣ ਗਈ ਸੀ। ਉਸ ਵੇਲੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਾਅਵੇ ਕੀਤੇ ਜਾ ਰਹੇ ਸਨ ਕਿ ਮਾਹੌਲ ਨੂੰ ਸ਼ਾਂਤ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਪਰ ਬਾਵਜੂਦ ਇਨ੍ਹਾਂ ਪ੍ਰਬੰਧਾਂ ਦੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਆਪਣੇ ਕਈ ਸਮਰਥਕਾਂ ਸਮੇਤ ਉੱਥੇ ਪਹੁੰਚ ਗਏ ਸਨ ਤੇ ਉਨ੍ਹਾਂ ਆਪਣਾ ਵੱਖਰਾ ਸੰਦੇਸ਼ ਵੀ ਕੌਮ ਦੇ ਨਾਂ ਦਿੱਤਾ ਸੀ।

468 ad

Submit a Comment

Your email address will not be published. Required fields are marked *