ਹਰਿਆਣੇ ‘ਚ ਖੂਨ-ਖਰਾਬਾ ਹੋਇਆ ਤਾਂ ਝੀਂਡਾ ਤੇ ਹੁੱਡਾ ਸਰਕਾਰ ਜ਼ਿੰਮੇਵਾਰ ਹੋਣਗੇ : ਸੁਖਬੀਰ

ਹਰਿਆਣੇ 'ਚ ਖੂਨ-ਖਰਾਬਾ ਹੋਇਆ ਤਾਂ ਝੀਂਡਾ ਤੇ ਹੁੱਡਾ ਸਰਕਾਰ ਜ਼ਿੰਮੇਵਾਰ ਹੋਣਗੇ : ਸੁਖਬੀਰ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਹਰਿਆਣਾ ਵਿਚ ਖੂਨ-ਖਰਾਬਾ ਹੁੰਦਾ ਹੈ ਤਾਂ ਇਸ ਲਈ ਜਗਦੀਸ਼ ਸਿੰਘ ਝੀਂਡਾ ਤੇ ਹੁੱਡਾ ਸਰਕਾਰ ਜ਼ਿੰਮੇਵਾਰ ਹੋਵੇਗੀ ਕਿਉਂਕਿ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਹਾਲਾਤ ਨੂੰ ਵਿਗਾੜਣ ‘ਤੇ ਤੁਲੇ ਹੋਏ ਹਨ। ਉਹ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਆਪਣੇ ਪਰਿਵਾਰ ਵਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ‘ਚ ਹਾਜ਼ਰੀ ਲਗਵਾਉਣ ਆਏ ਹੋਏ ਸਨ। ਉਨ੍ਹਾਂ ਦੀ ਧਰਮਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਸਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਭੁੱਲੇ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਫੀ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਬਿਤਾਇਆ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਗੁਰਦੁਆਰਿਆਂ ‘ਤੇ ਕਾਬਜ਼ ਹੋਣ ਵਾਲੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤਾ ਗਿਆ  ਇਹ ਬਿਆਨ ਕਿ ”ਜੇਕਰ ਉਹ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਵਿਚ ਅਸਫਲ ਰਹੇ ਤਾਂ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ”, ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਸੂਬੇ ਵਿਚ ਅਰਾਜਕਤਾ ਫੈਲਾਉਣਾ ਚਾਹੁੰਦੇ ਹਨ ਤੇ ਇਸ ਪਿੱਛੇ ਕਾਂਗਰਸ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਪੱਧਰ ‘ਤੇ ਦਖਲਅੰਦਾਜ਼ੀ ਕਰਕੇ ਇਸ ਵਿਵਾਦ ਨੂੰ ਹੱਲ ਕਰੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਵੀ ਹਾਲਤ ਵਿਚ ਵੰਡਣ ਨਹੀਂ ਦਿੱਤੀ ਜਾਵੇਗੀ। 

468 ad